02/10/2024
ਡੀ.ਸੀ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਕਈ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਪ੍ਰੇਰਿਤ
ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਲੋੜੀਂਦੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਮੌਜੂਦ, ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ
ਡੀਸੀ, ਐਸਐਸਪੀ, ਐਸਡੀਐਮ ਸਮੇਤ ਹੋਰ ਅਧਿਕਾਰੀਆਂ ਨੇ ਪਿੰਡ ਬਡਰੁੱਖਾਂ, ਉਭਾਵਾਲ, ਚੱਠੇ ਸੇਖਵਾਂ, ਉਪਲੀ ਆਦਿ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਕੀਤੀ ਅਪੀਲ
ਸੰਗਰੂਰ, 2 ਅਕਤੂਬਰ - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਛੁੱਟੀ ਹੋਣ ਦੇ ਬਾਵਜੂਦ ਵੀ ਸਬ ਡਵੀਜ਼ਨ ਸੰਗਰੂਰ ਦੇ ਵੱਖ-ਵੱਖ ਪਿੰਡਾਂ ਬਡਰੁੱਖਾਂ, ਉਭਾਵਾਲ, ਚੱਠੇ ਸੇਖਵਾਂ, ਉਪਲੀ ਆਦਿ ਦਾ ਦੌਰਾ ਕਰਦੇ ਹੋਏ ਭਰਵੇਂ ਇਕੱਠਾਂ ਦੌਰਾਨ ਕਿਸਾਨਾਂ ਅਤੇ ਜ਼ਮੀਦਾਰਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਪਿੰਡਾਂ ਦੀਆਂ ਸਾਂਝੀਆਂ ਥਾਵਾਂ ਉੱਤੇ ਇਕੱਤਰ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਹਰੇਕ ਨਾਗਰਿਕ ਨੂੰ ਪੂਰੀ ਸ਼ਿੱਦਤ ਦੇ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀ ਲੋੜ ਹੈ ਅਤੇ ਇਸ ਸੀਜਨ ਦੌਰਾਨ ਆਪਾਂ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਆਪਾਂ ਮਨੁੱਖਤਾ, ਬਨਸਪਤੀ ਅਤੇ ਜੀਵ ਜੰਤੂਆਂ ਦੇ ਭਲੇ ਨੂੰ ਯਕੀਨੀ ਬਣਾਉਣ ਲਈ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਾਂਗੇ ਅਤੇ ਪਰਾਲੀ ਨੂੰ ਸਾੜਨ ਦੀ ਬਜਾਏ ਯੋਗ ਪ੍ਰਬੰਧਨ ਨੂੰ ਤਰਜੀਹ ਦੇਵਾਂਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ ਜ਼ਿਲੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਭਗ 11, 200 ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ ਅਤੇ ਇਹ ਗਿਣਤੀ ਪਿਛਲੇ ਸਾਲ ਨਾਲੋ ਜਿਆਦਾ ਹੈ, ਜਿਨਾਂ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਚੌਪਰ ਸਟਰਾਅ ਰਿਪਰ ਆਦਿ ਵੀ ਸ਼ਾਮਿਲ ਹਨ। ਉਹਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਖੇਤੀ ਮਸ਼ੀਨਰੀ ਪ੍ਰਾਪਤ ਕਰਨ ਪੱਖੋਂ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ, ਕਿਸਾਨਾਂ ਤੇ ਜਿਮੀਂਦਾਰਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਸੀਜ਼ਨ ਦੌਰਾਨ ਵੀ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ, ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਕੋਲ ਉਪਲਬਧ ਮਸ਼ੀਨਰੀ ਬਾਰੇ ਸੂਚਨਾ, ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਚਸਪਾ ਕਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਕ ਸਬਸਿਡੀ ’ਤੇ ਖੇਤੀ ਮਸ਼ੀਨਰੀ ਹਾਸਲ ਕਰਕੇ ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ। ਉਨ੍ਹਾਂ ਨੇ ਕਿਸਾਨਾਂ ਤੋਂ ਫੀਡਬੈਕ ਵੀ ਹਾਸਲ ਕੀਤੀ।
ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਸੰਗਰੂਰ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਮੁਕਤ ਕਰਨ ਲਈ ਕਿਸਾਨਾਂ ਤੋਂ ਸਹਿਯੋਗ ਮੰਗਿਆ।
ਉਹਨਾਂ ਕਿਹਾ ਕਿ ਵਾਤਾਵਰਣ ਸੰਭਾਲ ਦੀ ਇਸ ਮੁਹਿਮ ਤਹਿਤ ਹਰੇਕ ਪਿੰਡ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਸਕੇ ਅਤੇ ਸਰਕਾਰ ਦੁਆਰਾ ਸਬਸਿਡੀ ਤੇ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾ ਸਕੇ। ਵੱਖ-ਵੱਖ ਥਾਈਂ ਹੋਏ ਇਕੱਠਾਂ ਦੌਰਾਨ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਦੇ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਅਤੇ ਵਾਤਾਵਰਣ ਦੀ ਰਾਖੀ ਲਈ ਵਧ ਚੜ ਕੇ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸੰਗਰੂਰ ਜ਼ਿਲ੍ਹੇ ਦੀ ਧਰਤੀ ਉੱਤੇ ਸਾਰੇ ਕਿਸਾਨਾਂ ਵੱਲੋਂ ਇਹ ਮਿਸਾਲ ਕਾਇਮ ਕੀਤੀ ਜਾਣੀ ਚਾਹੀਦੀ ਹੈ ਕਿ ਉਹਨਾਂ ਵੱਲੋਂ ਮਨੁੱਖਤਾ ਦੀ ਭਲਾਈ ਦੇ ਵੱਡੇ ਸੰਕਲਪ ਨੂੰ ਪੂਰਾ ਕਰਦੇ ਹੋਏ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਅਤੇ ਧਰਤੀ ਮਾਤਾ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਭਰਪੂਰ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਕਿਸਾਨ ਪੱਖੀ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਿਸ ਤਰ੍ਹਾਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਗੁਣਵੱਤਾ ਪ੍ਰਦਾਨ ਕੀਤੀ ਜਾ ਸਕਦੀ ਹੈ।
ਇਸ ਮੌਕੇ ਡੀਐਸਪੀ ਸੰਗਰੂਰ ਸੁਖਦੇਵ ਸਿੰਘ, ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਸਹਿਕਾਰਤਾ ਵਿਭਾਗ ਤੋਂ ਕਰਨਵੀਰ ਸਿੰਘ ਰੰਧਾਵਾ ਤੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਵੀ ਮੌਜੂਦ ਸਨ।