11/04/2022
ਸੰਯਮ ਅਗਰਵਾਲ ਨੇ ਮਾਲੇਰਕੋਟਲਾ ਦੇ ਪਹਿਲੇ ਪੁਰਸ਼ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
- ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਪਹਿਲ ਦੇ ਆਧਾਰ 'ਤੇ ਮਿਲਣਗੀਆਂ ਪ੍ਰਸ਼ਾਸਨਿਕ ਸੇਵਾਵਾਂ
-ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨ ਅਧਿਕਾਰੀ ਤੇ ਕਰਮਚਾਰੀ- ਸੰਯਮ ਅਗਰਵਾਲ
ਮਾਲੇਰਕੋਟਲਾ 11 ਅਪ੍ਰੈਲ , ਅਰਸ਼ਦ ਅਲੀ ਸੰਧੂ
2012 ਬੈਚ ਦੇ ਆਈ.ਏ.ਐਸ.ਅਧਿਕਾਰੀ ਸ੍ਰੀ ਸੰਯਮ ਅਗਰਵਾਲ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਅਤੇ ਪਹਿਲੇ ਪੁਰਸ਼ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ।ਉਨ੍ਹਾਂ ਨੇ ਸ੍ਰੀਮਤੀ ਮਾਧਵੀ ਕਟਾਰੀਆ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ।
ਅਹੁਦਾ ਸੰਭਾਲਣ ਮੌਕੇ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ' ਪੰਜਾਬ ਦਾ ਨਵਾਂ ਬਣਿਆ 23ਵਾਂ ਜ਼ਿਲ੍ਹਾ ਮਾਲੇਰਕੋਟਲਾ ਹਰ ਪੱਖ ਤੋਂ ਇੱਕ ਮਹੱਤਵਪੂਰਨ ਜ਼ਿਲ੍ਹਾ ਹੈ, ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ।'
ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਪਹਿਲ ਦੇ ਆਧਾਰ 'ਤੇ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ
ਕਰਵਾਉਣਾ ਹੋਣ ਦੀ ਪ੍ਰਾਥਮਿਕਤਾ ਹੋਵੇਗੀ । ਉਨ੍ਹਾਂ ਕਿਹਾ ਕਿ ਲੋੜਵੰਦਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਸਮੇਤ ਕੰਮ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਫ਼ੈਸਲੇ ਲੈਣ ਲਈ ਜਾਣ ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਜਨ ਹਿਤ ਸੇਵਾਵਾਂ ਤੈਅ ਸਮਾਂ ਸੀਮਾ ਦੇਣ ਨੂੰ ਯਕੀਨੀ ਬਣਾਉਣ । ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕਰਨ ।
ਆਈ.ਆਈ.ਟੀ ਕਾਨਪੁਰ ਤੋਂ ਇੰਜੀਨੀਅਰਿੰਗ ਵਿਸ਼ੇ 'ਚ ਗ੍ਰੈਜੂਏਟ , ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਪਠਾਨਕੋਟ, ਸੀ.ਓ.ਸਮਾਟ ਸਿਟੀ ਲੁਧਿਆਣਾ ਅਤੇ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 2012 ਚੋਂ ਪਹਿਲੀ ਪੋਸਟਿੰਗ ਐਸ.ਡੀ.ਐਮ. ਖੰਨਾ ਵਿਖੇ ਹੋਈ। ਇਸ ਤੋਂ ਇਲਾਵਾ ਉਹ ਐਸ.ਡੀ.ਐਮ. ਚਮਕੌਰ ਸਾਹਿਬ, ਲੁਧਿਆਣਾ, ਏ.ਡੀ.ਸੀ. ਮਾਨਸਾ ਅਤੇ ਕਮਿਸ਼ਨਰ ਦੇ ਅਹੁਦੇ ਤੇ ਰਹਿੰਦਿਆਂ ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆ ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹਾ ਪੰਜਾਬ ਦਾ ਇੱਕ ਅਹਿਮ ਜ਼ਿਲ੍ਹਿਆਂ ਵਿੱਚੋਂ ਇੱਕ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰਾਇ ਜਾਣ ਕੇ ਹੀ ਉਹ ਜ਼ਿਲ੍ਹੇ ਦੇ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਅਧਾਰ ਕਰਵਾਉਣ ਨੂੰ ਆਪਣੀ ਪ੍ਰਾਥਮਿਕਤਾ ਦੇਣਗੇ । ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੀਆਂ ਹੀ ਪ੍ਰਦਾਨ ਹੋ ਸਕਣ ਅਤੇ ਲੋਕਾਂ ਨੂੰ ਉਡੀਕ ਨਾ ਕਰਨੀ ਪਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਬਾਅਦ ਸਮੂਹ ਐਸ.ਡੀ.ਐਮਜ ਅਤੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਕਣਕ ਦੀ ਖ਼ਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਦੀ ਮੰਡੀਆਂ ਵਿੱਚ ਪੁੱਜੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇ।
ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਹੁਦਾ ਸੰਭਾਲਣ ਸਮੇਂ ਸ੍ਰੀ ਸੰਯਮ ਅਗਰਵਾਲ ਦਾ ਸਵਾਗਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸ੍ਰੀ ਅਰੁਣ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਐਸ.ਪੀ.ਇੰਵੇਸਟੀਗੇਸ਼ਨ ਸ੍ਰੀ ਰਮਨੀਸ ਚੋਧਰੀ,ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਜਸਬੀਰ ਸਿੰਘ, ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ.ਮਾਲੇਰਕੋਟਲਾ ਸ੍ਰੀ ਮਨਦੀਪ ਸਿੰਘ, ਸਿਵਲ ਸਰਜਨ ਡਾਕਟਰ ਮੁਕੇਸ਼ ਕੁਮਾਰ,ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਅਫ਼ਸਰ ਸ੍ਰੀਮਤੀ ਰੂਪ ਪ੍ਰੀਤ ਕੌਰ,ਕਾਰਜ ਸਾਧਕ ਅਫ਼ਸਰ ਨਗਰ ਸੁਧਾਰ ਟਰੱਸਟ ਸ੍ਰੀਮਤੀ ਨੀਰੂ ਬਾਲਾ,ਡੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗਰਗ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ, ਤਹਿਸੀਲਦਾਰ ਸ੍ਰੀ ਹਰਫੂਲ ਸਿੰਘ ਗਿੱਲ, ਨਾਇਬ ਤਹਿਸੀਲਦਾਰ ਸ੍ਰੀ ਖੁਸ਼ਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ।